ਸਕੂਲੀ ਵਿਦਿਆਰਥੀਆਂ ਦੀ ਪੰਜਾਬ ਰਾਜ ਨਿਪੁੰਨਤਾ ਖੋਜ਼ ਵਜੀਫ਼ਾ ਪ੍ਰੀਖਿਆ ਕਰਵਾਈ ਗਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਕਰਵਾਈ ਗਈ ਸੀ ਤਿਆਰੀ।

ਬਰਨਾਲਾ, 3 ਜਨਵਰੀ( )- ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚੋਂ ਸਫ਼ਲਤਾ ਲਈ ਵੀ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਪੰਜਾਬ ਰਾਜ ਨਿਪੁੰਨਤਾ ਖੋਜ਼ ਪ੍ਰੀਖਿਆ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਜ਼ੀਫਾ ਪ੍ਰੀਖਿਆ ਨਿਰਵਿਘਨ ਤਰੀਕੇ ਨਾਲ ਸੰਪੂਰਨ ਹੋ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਚਾਰ ਪ੍ਰੀਖਿਆ ਕੇਂਦਰਾਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ,ਸਰਕਾਰੀ ਹਾਈ ਸਕੂਲ ਜੁਮਲਾ ਮਲਕਾਨ,ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਗਰਲਜ਼ ਹਾਈ ਸਕੂਲ ਤਪਾ ਅਤੇ ਐਸ.ਐਨ. ਆਰੀਆ ਹਾਈ ਸਕੂਲ ਤਪਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਹੋਈ। ਦਸਵੀਂ ਜਮਾਤ ਦੇ ਕੁੱਲ 616 ਵਿਦਿਆਰਥੀਆਂ ਵੱਲੋਂ ਇਹ ਪ੍ਰੀਖਿਆ ਦਿੱਤੀ ਗਈ।ਇਸੇ ਤਰ੍ਹਾਂ ਅੱਠਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਲਈ ਤਿੰਨ ਪ੍ਰੀਖਿਆ ਕੇਂਦਰਾਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ),ਸਰਕਾਰੀ ਸੀਨੀਅਰ ਸੈੈੈਕੰਡਰੀ ਸਕੂਲ(ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ)ਤਪਾ ਵਿਖੇ ਕਰਵਾਈ ਗਈ।ਅੱਠਵੀਂ ਜਮਾਤ ਦੇ 579 ਵਿਦਿਆਰਥੀਆਂ ਨੇ ਇਹ ਵਜ਼ੀਫਾ ਪ੍ਰੀਖਿਆ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਉਕਤ ਪ੍ਰੀਖਿਆ ਸਬੰਧੀ ਤਿਆਰੀ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਜਿਸ ਤਹਿਤ ਸ਼ੈਸ਼ਨ ਦੇ ਆਰੰਭ ਤੋਂ ਹੀ ਵੱਖ-ਵੱਖ ਵਿਸ਼ਿਆਂ ਦੀਆਂ ਸਲਾਈਡਜ਼ ਬਣਾਕੇ ਵਿਦਿਆਰਥੀਆਂ ਨੂੰ ਭੇਜਣ ਤੋਂ ਇਲਾਵਾ ਸਮੇਂ ਸਮੇਂ ‘ਤੇ ਕੁਇਜ਼ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਪ੍ਰਣਾਮਾਂ ਦੀ ਜਾਂਚ ਵੀ ਕੀਤੀ ਗਈ।ਇਸ ਸਬੰਧੀ ਵਿਸ਼ੇਸ਼ ਤੌਰ ‘ਤੇ ਮਾਪੇ-ਅਧਿਆਪਕ ਮਿਲਣੀਆਂ ਕਰਵਾਕੇ, ਮਾਪਿਆਂ ਤੋਂ ਵੀ ਬੱਚਿਆਂ ਦੀ ਤਿਆਰੀ ਦਾ ਜਾਇਜਾ ਲਿਆ ਗਿਆ ਅਤੇ ਮਾਪਿਆਂ ਤੋਂ ਸੁਝਾਅ ਲਏ ਗਏ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ‘ਤੇ ਅਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹਨਾਂ ਟੀਮਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਸੀ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ । ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਦੇ ਚੱਲਦਿਆਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਉਣ ਦੇ ਨਾਲ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਿਰਾਂ ਰਾਹੀਂ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਸੀ।ਅਧਿਕਾਰੀਆਂ ਨੇ ਕਿਹਾ ਕਿ ਵਜ਼ੀਫਾ ਪ੍ਰੀਖਿਆ ਵਿੱਚੋਂ ਵਿਦਿਆਰਥੀਆਂ ਦੇ ਵੱਡੀ ਗਿਣਤੀ ਵਿੱਚ ਸਫ਼ਲ ਹੋਣ ਦੀ ਉਮੀਦ ਹੈ।